ਬਠਿੰਡਾ: ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਦੇ ਖਿਲਾਫ ਮਹਿਮ ਦੇ ਤਹਿਤ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਸਿਆ ਕਿ ਉਸ ਕੋਲ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀ ਯੋਗ ਜਮੀਨ ਸਾਂਝੇ ਖਾਤੇ ਦੀ ਹੈ। ਉਹ ਆਪਣੇ ਹਿੱਸੇ ਦੀ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ।
ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸਦਾ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ।
ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਉੱਕਤ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
Disclaimer: All news on Encounter India are computer generated and provided by third party sources, so read carefully and Encounter India will not be responsible for any issue.